Hole Mohalle diya lakh lakh mubarkan


ਹੋਲੀ ਦਾ ਬਦਲ ਹੋਲੇ ਮਹੱਲੇ ਦੇ ਰੂਪ ਵਿਚ ਮਨਾਉਣ ਦਾ ਢੰਗ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਚੇਤ ਵਦੀ ਸੰਮਤ 1757 ਬਿਕਰਮੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਿਸ਼ਚਿਤ ਕੀਤਾ | 
ਸਭ ਤੋਂ ਪਹਿਲਾਂ ਹੋਲੀ ਦੇ ਤਿਉਹਾਰ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਪਰਮਾਤਮਾ ਦੀ ਪ੍ਰੇਮਾ ਭਗਤੀ ਦੇ ਪ੍ਰਸੰਗਿਕ ਰੂਪ ਵਿਚ ਚਿਤਰਦਿਆਂ ਇਸ ਨੂੰ ਅਧਿਆਤਮਿਕ ਰੰਗਣ ਬਖਸ਼ ਕੇ ਪਰਮਾਰਥ ਦੇ ਮਾਰਗ ਦੀ ਅਨੰਦਮਈ ਹੋਲੀ ਖੇਡਣ ਦੀ ਪ੍ਰੇਰਨਾ ਕੀਤੀ :
ਗੁਰੁ ਸੇਵਉ ਕਰਿ ਨਮਸਕਾਰ ॥ ਆਜੁ ਹਮਾਰੈ ਮੰਗਲਚਾਰ ॥
ਆਜੁ ਹਮਾਰੈ ਮਹਾ ਅਨੰਦ ॥ ਚਿੰਤ ਲਥੀ ਭੇਟੇ ਗੋਬਿੰਦ ॥੧॥
ਆਜੁ ਹਮਾਰੈ ਗ੍ਰਿਹਿ ਬਸੰਤ ॥ ਗੁਨ ਗਾਏ ਪ੍ਰਭ ਤੁਮ੍ਹ੍ਹ ਬੇਅੰਤ ॥੧॥ ਰਹਾਉ ॥
ਆਜੁ ਹਮਾਰੈ ਬਨੇ ਫਾਗ ॥ ਪ੍ਰਭ ਸੰਗੀ ਮਿਲਿ ਖੇਲਨ ਲਾਗ ॥
ਹੋਲੀ ਕੀਨੀ ਸੰਤ ਸੇਵ ॥ ਰੰਗੁ ਲਾਗਾ ਅਤਿ ਲਾਲ ਦੇਵ ॥੨॥
ਮਨੁ ਤਨੁ ਮਉਲਿਓ ਅਤਿ ਅਨੂਪ ॥ ਸੂਕੈ ਨਾਹੀ ਛਾਵ ਧੂਪ ॥
ਸਗਲੀ ਰੂਤੀ ਹਰਿਆ ਹੋਇ ॥ ਸਦ ਬਸੰਤ ਗੁਰ ਮਿਲੇ ਦੇਵ ॥੩॥
ਬਿਰਖੁ ਜਮਿਓ ਹੈ ਪਾਰਜਾਤ ॥ ਫੂਲ ਲਗੇ ਫਲ ਰਤਨ ਭਾਂਤਿ ॥
ਤ੍ਰਿਪਤਿ ਅਘਾਨੇ ਹਰਿ ਗੁਣਹ ਗਾਇ ॥ 
ਜਨ ਨਾਨਕ ਹਰਿ ਹਰਿ ਹਰਿ ਧਿਆਇ ॥੪॥੧॥
(ਸ੍ਰੀ ਗੁਰੂ ਗ੍ਰੰਥ ਸਾਹਿਬ, ਪੰਨਾ 1180)
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਮੇਂ ਦੀ ਮੰਗ ਅਨੁਸਾਰ ਅੰਦਰਲੇ ਅਧਿਆਤਮਿਕ ਪਰਿਵਰਤਨ ਦਾ ਬਾਹਰਮੁਖੀ ਪ੍ਰਗਟਾਅ ਕਰਨਾ ਵੀ ਜ਼ਰੂਰੀ ਸਮਝਿਆ | ਮਨੁੱਖਤਾ ਦਾ ਮਨੋਬਲ ਉੱਚਿਆਂ ਚੁੱਕਣ ਦੇ ਨਾਲ-ਨਾਲ ਸਰੀਰਕ ਤੌਰ 'ਤੇ ਬਲਵਾਨ ਕਰਨ ਦੇ ਨਵੇਂ ਸਾਧਨ ਅਪਣਾਏ | ਭਗਤੀ-ਸ਼ਕਤੀ ਦੇ ਆਦਰਸ਼ਕ ਸੁਮੇਲ ਲਈ ਸ਼ਸਤਰਾਂ ਦੇ ਸਤਿਕਾਰ ਅਤੇ ਸਹੀ ਪ੍ਰਯੋਗ ਉੱਪਰ ਬਲ ਦਿੱਤਾ | ਇਸੇ ਪਰਿਵਰਤਨ ਤਹਿਤ ਖ਼ਾਲਸਾ ਪੰਥ ਵਿਚ ਹੋਲਾ ਮਹੱਲਾ ਪੁਰਬ ਦਾ ਮੰਤਵ ਅਤੇ ਉਦੇਸ਼ ਬੜੇ ਉਸਾਰੂ ਅਤੇ ਸਾਰਥਕ ਰੂਪ ਵਿਚ ਪ੍ਰਗਟ ਕੀਤਾ | 'ਹੋਲਾ' ਅਰਬੀ ਭਾਸ਼ਾ ਦੇ ਸ਼ਬਦ 'ਹੂਲ' ਤੋਂ ਬਣਿਆ ਹੈ, ਜਿਸ ਦੇ ਅਰਥ ਭਲੇ ਕੰਮਾਂ ਲਈ ਜੂਝਣਾ, ਸੀਸ ਤਲੀ 'ਤੇ ਧਰ ਕੇ ਲੜਨਾ, ਤਲਵਾਰ ਦੀ ਧਾਰ 'ਤੇ ਚੱਲਣਾ ਕੀਤੇ ਗਏ ਹਨ | 'ਮਹੱਲਾ' ਸ਼ਬਦ ਦੇ ਅਰਥ ਹਨ ਉਹ ਅਸਥਾਨ ਜਿਥੇ ਫ਼ਤਹਿ ਕਰਨ ਤੋਂ ਬਾਅਦ ਟਿਕਾਣਾ ਕੀਤਾ ਜਾਵੇ | 
ਦਸਮੇਸ਼ ਪਿਤਾ ਜੀ ਨੇ ਨਿੱਘਰ ਚੁੱਕੇ ਸਮਾਜ ਦੇ ਦੱਬੇ-ਕੁਚਲੇ ਅਤੇ ਲਿਤਾੜੇ ਜਾ ਰਹੇ ਮਨੁੱਖਾਂ ਨੂੰ ਆਪਣੀ ਹੋਂਦ ਦਾ ਅਹਿਸਾਸ ਤੇ ਸਵੈਮਾਣ ਮਹਿਸੂਸ ਕਰਵਾਉਣ, ਉਨ੍ਹਾਂ ਵਿਚ ਨਿਡਰਤਾ ਤੇ ਨਿਰਭੈਤਾ ਭਰਨ ਅਤੇ ਸੂਰਬੀਰ ਯੋਧੇ ਬਣਾਉਣ ਲਈ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ | ਉਨ੍ਹਾਂ ਨੇ ਚਰਨ ਪਾਹੁਲ ਦੀ ਥਾਂ ਖੰਡੇ-ਬਾਟੇ ਦਾ ਅੰਮਿ੍ਤ ਤੇ ਹੋਲੀ ਦੀ ਥਾਂ ਹੋਲਾ ਮਹੱਲਾ ਪ੍ਰਚਲਿਤ ਕੀਤਾ | ਆਜ਼ਾਦੀ ਪ੍ਰਾਪਤ ਕਰਨ ਅਤੇ ਜੋਸ਼ ਪੈਦਾ ਕਰਨ ਲਈ ਕਲਗੀਧਰ ਦਸਮੇਸ਼ ਪਿਤਾ ਜੀ ਨੇ ਜਿਥੇ ਨਵਾਂ ਜੀਵਨ ਬਖਸ਼ਿਆ, ਉਥੇ ਭਾਰਤੀ ਸਮਾਜ ਨੂੰ ਉਨ੍ਹਾਂ ਦੇ ਰੀਤੀ-ਰਿਵਾਜ਼ਾਂ ਅਤੇ ਤਿਉਹਾਰ ਮਨਾਉਣ ਦੇ ਢੰਗਾਂ ਵਿਚ ਵੀ ਇਨਕਲਾਬੀ ਤਬਦੀਲੀਆਂ ਲਿਆਂਦੀਆਂ | ਗੁਰੂ ਸਾਹਿਬ ਨੇ 1699 ਈ: ਦੀ ਵੈਸਾਖੀ ਵਾਲੇ ਦਿਨ ਖ਼ਾਲਸਾ ਪੰਥ ਦੀ ਸਾਜਨਾ ਕਰਕੇ ਸਿੱਖ ਪੰਥ ਵਿਚ ਇਕ ਮਹਾਨ ਤੇ ਕ੍ਰਾਂਤੀਕਾਰੀ ਤਬਦੀਲੀ ਲਿਆਂਦੀ ਅਤੇ ਸਿੱਖਾਂ ਨੂੰ ਇਕ ਵੱਖਰੀ ਪਹਿਚਾਣ ਪ੍ਰਦਾਨ ਕੀਤੀ | ਗੁਰੂ ਜੀ ਨੇ ਇਸ ਕਾਇਮ ਕੀਤੀ ਜਥੇਬੰਦੀ ਵਿਚ ਦਲੇਰੀ ਅਤੇ ਜ਼ੁਰਅਤ ਭਰਨ ਲਈ ਉਨ੍ਹਾਂ ਵੱਲੋਂ ਮਨਾਏ ਜਾ ਰਹੇ ਤਿਉਹਾਰਾਂ ਨੂੰ ਮਨਾਉਣ ਦੇ ਰੰਗ-ਢੰਗ ਹੀ ਬਦਲ ਕੇ ਰੱਖ ਦਿੱਤੇ | ਹੋਲੀ ਮਨਾਉਣ ਸਮੇਂ ਜਿਥੇ ਲੋਕ ਇਕ-ਦੂਜੇ 'ਤੇ ਰੰਗ ਸੁੱਟ ਕੇ ਅਤੇ ਕਈ ਤਰ੍ਹਾਂ ਦੀ ਮਨਮਤਿ ਕਰਕੇ ਮਨੁੱਖੀ ਸ਼ਕਤੀ ਨੂੰ ਨਸ਼ਟ ਕਰ ਰਹੇ ਹਨ, ਉਥੇ ਸਤਿਗੁਰਾਂ ਨੇ ਇਸ ਨੂੰ ਸਾਰਥਿਕ ਰੂਪ ਵਿਚ ਪੇਸ਼ ਕਰਨ ਲਈ 'ਹੋਲੀ' ਨੂੰ 'ਹੋਲੇ ਮਹੱਲੇ' ਦਾ ਰੂਪ ਦਿੱਤਾ | 
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਖ਼ਾਲਸੇ ਨੂੰ ਯੁੱਧ-ਵਿੱਦਿਆ ਵਿਚ ਪ੍ਰਬੀਨ ਬਣਾਉਣਾ ਚਾਹੁੰਦੇ ਸਨ | ਇਸ ਲਈ ਉਨ੍ਹਾਂ ਨੇ ਹੋਲੀ ਦੇ ਪਰੰਪਰਾਈ ਪੱਖ ਤੋਂ ਹਟ ਕੇ ਇਸ ਤਿਉਹਾਰ ਦਾ ਸਬੰਧ ਸੂਰਮਤਾਈ ਨਾਲ ਜੋੜਿਆ | ਮਹੱਲਾ ਇਕ ਪ੍ਰਕਾਰ ਦੀ ਮਸਨੂਈ ਲੜਾਈ ਹੈ, ਪੈਦਲ ਅਤੇ ਘੋੜ-ਸਵਾਰ ਸ਼ਸਤਰਧਾਰੀ ਸਿੰਘਾਂ ਦੇ ਦਲ ਬਣਾ ਕੇ ਇਕ ਖਾਸ ਹਮਲੇ ਦੀ ਥਾਂ ਉੱਤੇ ਹਮਲਾ ਕਰਦੇ ਹਨ ਅਤੇ ਅਨੇਕ ਪ੍ਰਕਾਰ ਦੇ ਕਰਤੱਬ ਦਿਖਾਉਂਦੇ ਹਨ | ਕਲਗੀਧਰ ਜੀ ਆਪ ਇਸ ਮਸਨੂਈ ਲੜਾਈ ਨੂੰ ਵੇਖਦੇ ਅਤੇ ਦੋਵਾਂ ਦਲਾਂ ਨੂੰ ਲੋੜੀਂਦੀ ਸਿੱਖਿਆ ਪ੍ਰਦਾਨ ਕਰਦੇ ਸਨ | ਜਿਹੜਾ ਦਲ ਜੇਤੂ ਹੁੰਦਾ, ਉਸ ਨੂੰ ਦੀਵਾਨ ਵਿਚ ਸਿਰੋਪਾਓ ਬਖਸ਼ਿਸ਼ ਕਰਦੇ ਸਨ | ਇਸ ਮੌਕੇ ਦੀਵਾਨ ਸਜਦੇ, ਕਥਾ ਕੀਰਤਨ ਹੁੰਦਾ, ਬੀਰ-ਰਸੀ ਵਾਰਾਂ ਗਾਈਆਂ ਜਾਂਦੀਆਂ ਅਤੇ ਅਨੇਕ ਤਰ੍ਹਾਂ ਦੀਆਂ ਫੌਜੀ ਕਵਾਇਦਾਂ ਹੁੰਦੀਆਂ | ਹਰ ਪਾਸੇ ਚੜ੍ਹਦੀ ਕਲਾ ਦਾ ਮਾਹੌਲ ਬਣਿਆ ਰਹਿੰਦਾ | ਗੁਰੂ ਸਾਹਿਬ ਇਨ੍ਹਾਂ ਸਾਰੀਆਂ ਕਾਰਵਾਈਆਂ ਵਿਚ ਖੁਦ ਸ਼ਾਮਿਲ ਹੁੰਦੇ ਅਤੇ ਸਿੱਖਾਂ ਦਾ ਉਤਸ਼ਾਹ ਵਧਾਉਂਦੇ | ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਹੋਲਾ ਮਹੱਲਾ ਦੇ ਰੂਪ ਵਿਚ ਮਨਾਏ ਜਾਂਦੇ ਜੰਗਜੂ ਤਿਉਹਾਰ 'ਤੇ ਸਿੰਘਾਂ ਦੀਆਂ ਆਪਸ ਵਿਚ ਲੜੀਆਂ ਜਾਂਦੀਆਂ ਅਭਿਆਸ ਰੂਪੀ ਮਸਨੂਈ ਲੜਾਈਆਂ ਨੇ ਭਾਰਤੀ ਲੋਕਾਂ ਦੇ ਮਨੋਬਲ ਨੂੰ ਉੱਚਾ ਕੀਤਾ | ਲੋਕ ਕਾਇਰਤਾ ਭਰੇ ਮਾਹੌਲ 'ਚੋਂ ਨਿਕਲ ਕੇ ਇਸ ਉਤਸਵ ਵਿਚ ਧੜਾਧੜ ਬੜੇ ਜੋਸ਼ ਤੇ ਸਜ-ਧਜ ਨਾਲ ਸ਼ਾਮਿਲ ਹੋਣ ਲੱਗੇ | 
ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਚਲਾਇਆ ਹੋਲਾ ਮਹੱਲਾ ਸ਼ਕਤੀ ਨੂੰ ਪ੍ਰਗਟ ਕਰਨ ਅਤੇ ਅਣਖ ਦੇ ਅਨੁਭਵ ਦਾ ਅਨੋਖਾ ਢੰਗ ਹੈ | ਇਹ ਖ਼ਾਲਸਾ ਪੰਥ ਲਈ ਸਵੈਮਾਣ, ਖ਼ਾਲਸੇ ਦੇ ਬੋਲ-ਬਾਲੇ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਹੈ | ਹੋਲਾ ਮਹੱਲਾ ਸਿੱਖਾਂ ਨੂੰ ਹਰ ਸਾਲ ਦਿ੍ੜ੍ਹ ਵਿਸ਼ਵਾਸੀ, ਪ੍ਰਭੂ-ਭਗਤੀ ਤੇ ਉੱਚੇ-ਸੁੱਚੇ ਮਨੁੱਖੀ ਆਦਰਸ਼ਾਂ, ਜ਼ੁਲਮ, ਜਬਰ, ਨਾਸਤਿਕਤਾ ਤੇ ਭਿ੍ਸ਼ਟਾਚਾਰ ਵਿਰੁੱਧ ਜੂਝਣ ਲਈ ਨਵਾਂ ਜੋਸ਼ ਤੇ ਉਤਸ਼ਾਹ ਪ੍ਰਦਾਨ ਕਰਦਾ ਹੈ | ਇਹ ਪਵਿੱਤਰ ਤਿਉਹਾਰ ਸਾਨੂੰ ਪ੍ਰੇਰਨਾ ਦਿੰਦਾ ਹੈ ਕਿ ਹੱਕ ਮੰਗਿਆਂ ਪ੍ਰਾਪਤ ਨਹੀਂ ਹੁੰਦੇ, ਸਗੋਂ ਸ਼ਕਤੀ ਤੇ ਜ਼ੋਰ ਨਾਲ ਹੀ ਪ੍ਰਾਪਤ ਕੀਤੇ ਜਾ ਸਕਦੇ ਹਨ :
ਕੋਈ ਕਿਸੀ ਕੋ ਰਾਜ ਨ ਦੈ ਹੈਂ | ਜੋ ਲੈ ਹੈ ਨਿਜ ਬਲ ਸੋਂ ਲੈ ਹੈ | (ਪੰਥ ਪ੍ਰਕਾਸ਼)
ਹਰ ਸਾਲ ਲੱਖਾਂ ਦੀ ਗਿਣਤੀ ਵਿਚ ਸਿੱਖ ਸੰਗਤਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਾਵਨ ਛੋਹ ਪ੍ਰਾਪਤ ਧਰਤੀ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਪਾਉਂਟਾ ਸਾਹਿਬ ਤੇ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਪੁੱਜ ਕੇ ਬੜੇ ਉਤਸ਼ਾਹ ਤੇ ਜੋਸ਼ ਨਾਲ ਇਹ ਪਵਿੱਤਰ ਤਿਉਹਾਰ ਮਨਾਉਂਦੀਆਂ ਹਨ | ਭਾਰੀ ਦੀਵਾਨ ਸਜਦੇ ਹਨ, ਨਿਹੰਗ ਸਿੰਘਾਂ ਦੇ ਜਥੇ ਤੇ ਖ਼ਾਲਸਾ ਪੰਥ ਦੀ ਫ਼ੌਜ ਦੇ ਹੋਰ ਦਸਤੇ ਰਲ-ਮਿਲ ਕੇ ਨਗਰ ਕੀਰਤਨ ਸਜਾਉਂਦੇ ਹਨ | ਘੋੜਸਵਾਰੀ ਤੇ ਗੱਤਕੇਬਾਜ਼ੀ ਦੇ ਜੰਗਜੂ ਕਰਤੱਬ ਦੇਖਣਯੋਗ ਹੁੰਦੇ ਹਨ | ਇਸ ਦੀ ਅਲੌਕਿਕ ਮਹਿਮਾ ਦਾ ਵਰਣਨ 'ਕਹਿਬੇ ਕਉ ਸੋਭਾ ਨਹੀਂ, ਦੇਖਾ ਹੀ ਪ੍ਰਵਾਨ' ਅਨੁਸਾਰ ਕੇਵਲ ਕਥਨ ਕਰਨ ਨਾਲ ਹੀ ਨਹੀਂ, ਸਗੋਂ ਅੱਖੀਂ ਦੇਖਣ ਨਾਲ ਪਤਾ ਲੱਗਦਾ ਹੈ | ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ | ਕਵੀ ਸੁਮੇਰ ਸਿੰਘ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਦੇਸ਼ਾਂ ਨੂੰ ਇਸ ਤਰ੍ਹਾਂ ਲਿਖਦੇ ਹਨ :
ਔਰਨ ਕੀ ਹੋਲੀ ਮਮ ਹੋਲਾ | ਕਹਯੋ ਕਿ੍ਪਾਨਿਧ ਬਚਨ ਅਮੋਲਾ | 
'ਹੋਲਾ ਮਹੱਲਾ' ਸਾਨੂੰ ਇਕ ਉਪਦੇਸ਼ ਦਿੰਦਾ ਹੈ | ਜਦ ਤੱਕ ਇਸ ਜਗਤ ਵਿਚ ਮਚ ਰਹੇ 'ਮਹੱਲੇ' ਅੰਦਰ ਅਸੀਂ ਪੂਰੇ ਬਲ ਅਤੇ ਪ੍ਰਾਕਰਮ ਨਾਲ ਸ਼ਾਮਿਲ ਨਹੀਂ ਹੁੰਦੇ, ਅਸੀਂ ਹੋਰਾਂ ਕੋਲੋਂ ਪਛੜ ਜਾਵਾਂਗੇ | ਜੇ ਅਸੀਂ ਚਾਹੁੰਦੇ ਹਾਂ ਕਿ ਇਸ ਜੀਵਨ ਨੂੰ ਸਫਲ ਕਰੀਏ, ਤਾਂ ਸਾਨੂੰ ਪਿਤਾ ਕਲਗੀਧਰ ਦਾ ਦੱਸਿਆ ਉਦੇਸ਼ ਚੇਤੇ ਰੱਖਣਾ ਚਾਹੀਦਾ ਹੈ | ਕਿਸੇ ਰਸਮ ਨੂੰ ਬਿਨਾਂ ਉਸ ਦਾ ਭਾਵ ਤੇ ਮਹੱਤਤਾ ਸਮਝਣ ਤੋਂ ਦੁਹਰਾਈ ਜਾਣਾ ਉਸ ਦੇ ਅਸਲ ਰੂਪ ਨੂੰ ਫਿੱਕਾ ਪਾ ਦਿੰਦਾ ਹੈ | ਸਾਨੂੰ ਹੋਲੇ ਮਹੱਲੇ ਤੋਂ ਸੱਚਾ ਉੱਦਮੀ ਜੀਵਨ ਲੈ ਕੇ ਆਪਣੀ ਤਕਦੀਰ ਨੂੰ ਨਵੇਂ ਸਿਰਿਓਾ ਘੜਨਾ ਚਾਹੀਦਾ ਹੈ |

Comments

Popular posts from this blog