ਹੋਲੀ ਦਾ ਬਦਲ ਹੋਲੇ ਮਹੱਲੇ ਦੇ ਰੂਪ ਵਿਚ ਮਨਾਉਣ ਦਾ ਢੰਗ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਚੇਤ ਵਦੀ ਸੰਮਤ 1757 ਬਿਕਰਮੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਿਸ਼ਚਿਤ ਕੀਤਾ | ਸਭ ਤੋਂ ਪਹਿਲਾਂ ਹੋਲੀ ਦੇ ਤਿਉਹਾਰ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਪਰਮਾਤਮਾ ਦੀ ਪ੍ਰੇਮਾ ਭਗਤੀ ਦੇ ਪ੍ਰਸੰਗਿਕ ਰੂਪ ਵਿਚ ਚਿਤਰਦਿਆਂ ਇਸ ਨੂੰ ਅਧਿਆਤਮਿਕ ਰੰਗਣ ਬਖਸ਼ ਕੇ ਪਰਮਾਰਥ ਦੇ ਮਾਰਗ ਦੀ ਅਨੰਦਮਈ ਹੋਲੀ ਖੇਡਣ ਦੀ ਪ੍ਰੇਰਨਾ ਕੀਤੀ : ਗੁਰੁ ਸੇਵਉ ਕਰਿ ਨਮਸਕਾਰ ॥ ਆਜੁ ਹਮਾਰੈ ਮੰਗਲਚਾਰ ॥ ਆਜੁ ਹਮਾਰੈ ਮਹਾ ਅਨੰਦ ॥ ਚਿੰਤ ਲਥੀ ਭੇਟੇ ਗੋਬਿੰਦ ॥੧॥ ਆਜੁ ਹਮਾਰੈ ਗ੍ਰਿਹਿ ਬਸੰਤ ॥ ਗੁਨ ਗਾਏ ਪ੍ਰਭ ਤੁਮ੍ਹ੍ਹ ਬੇਅੰਤ ॥੧॥ ਰਹਾਉ ॥ ਆਜੁ ਹਮਾਰੈ ਬਨੇ ਫਾਗ ॥ ਪ੍ਰਭ ਸੰਗੀ ਮਿਲਿ ਖੇਲਨ ਲਾਗ ॥ ਹੋਲੀ ਕੀਨੀ ਸੰਤ ਸੇਵ ॥ ਰੰਗੁ ਲਾਗਾ ਅਤਿ ਲਾਲ ਦੇਵ ॥੨॥ ਮਨੁ ਤਨੁ ਮਉਲਿਓ ਅਤਿ ਅਨੂਪ ॥ ਸੂਕੈ ਨਾਹੀ ਛਾਵ ਧੂਪ ॥ ਸਗਲੀ ਰੂਤੀ ਹਰਿਆ ਹੋਇ ॥ ਸਦ ਬਸੰਤ ਗੁਰ ਮਿਲੇ ਦੇਵ ॥੩॥ ਬਿਰਖੁ ਜਮਿਓ ਹੈ ਪਾਰਜਾਤ ॥ ਫੂਲ ਲਗੇ ਫਲ ਰਤਨ ਭਾਂਤਿ ॥ ਤ੍ਰਿਪਤਿ ਅਘਾਨੇ ਹਰਿ ਗੁਣਹ ਗਾਇ ॥ ਜਨ ਨਾਨਕ ਹਰਿ ਹਰਿ ਹਰਿ ਧਿਆਇ ॥੪॥੧॥ (ਸ੍ਰੀ ਗੁਰੂ ਗ੍ਰੰਥ ਸਾਹਿਬ, ਪੰਨਾ 1180) ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਮੇਂ ਦੀ ਮੰਗ ਅਨੁਸਾਰ ਅੰਦਰਲੇ ਅਧਿਆਤਮਿਕ ਪਰਿਵਰਤਨ ਦਾ ਬਾਹਰਮੁਖੀ ਪ੍ਰਗਟਾਅ ਕਰਨਾ ਵੀ ਜ਼ਰੂਰੀ ਸਮਝਿਆ | ਮਨੁੱਖਤਾ ਦਾ ਮਨੋਬਲ ਉੱਚਿਆਂ ਚੁੱਕਣ ਦੇ ਨਾਲ-ਨਾਲ ਸਰੀਰਕ ਤੌਰ 'ਤੇ ਬਲਵਾ...